ਭਾਕਿਯੂ (ਲੱਖੋਵਾਲ) ਵੱਲੋਂ ਮਨਰੇਗਾ ਕਰਮਚਾਰੀਆਂ ਤੇ ਕੀਤੇ ਲਾਠੀਚਾਰਜ ਦੀ ਸਖਤ ਨਿੰਦਾ

ਗਰੀਬ ਦਾ ਪਸੀਨਾ ਸੁੱਕਣ ਤੋਂ ਪਹਿਲਾਂ ਮਿਹਨਤਾਨਾ ਦੇਣ ਦਾ ਦਾਅਵਾ ਕਰਨ ਵਾਲੀ ਸਰਕਾਰ, ਹੁਣ ਕੁੱਟਣ ਤੇ ਉਤਰ ਆਈ- ਪਾਲਮਾਜਰਾ/ ਢੀਂਡਸਾ

ਸਮਰਾਲਾ 17 ਜੁਲਾਈ ( ਵਰਿੰਦਰ ਸਿੰਘ ਹੂੰਝਣ )  ਮਨਰੇਗਾ ਮੁਲਾਜਮ ਕਈ ਮਹੀਨਿਆਂ ਤੋਂ ਪੱਕੇ ਰੁਜ਼ਗਾਰ ਅਤੇ ਤਨਖਾਹਾਂ ਦੇ ਵਾਧੇ ਲਈ ਸੰਘਰਸ਼ ਕਰਦੇ ਆ ਰਹੇ ਹਨ ਅਤੇ ਪੰਜਾਬ ਦੀ ਮੌਜੂਦਾ ਆਮ ਆਦਮੀ ਪਾਰਟੀ ਦੀ ਸਰਕਾਰ ਪੰਜਾਬ ਦੇ ਵੱਖ ਵੱਖ ਮਹਿਕਮਿਆਂ ਵਿੱਚ ਕੱਚੇ ਅਤੇ ਠੇਕੇ ਤੇ ਕੰਮ ਕਰਦੇ ਮੁੁਲਾਜਮਾਂ ਨੂੰ ਪੱਕੇ ਕਰਨ ਅਤੇ ਭ੍ਰਿਸ਼ਟਾਚਾਰ ਖਤਮ ਕਰਨ ਦੇ ਵਾਅਦੇ ਨਾਲ ਸੱਤਾ ਵਿੱਚ ਆਈ ਸੀ, ਪ੍ਰੰਤੂ ਇਹ ਵਾਅਦਾ ਸਰਕਾਰ ਪਿਛਲੇ ਚਾਰ ਸਾਲਾਂ ਵਿੱਚ ਪੂਰਾ ਨਹੀਂ ਕੀਤਾ ਉਲਟਾ ਹੱਕ ਮੰਗਦੇ ਕੱਚੇ ਮੁਲਾਜਮਾਂ ਅਤੇ ਮਜ਼ਦੂਰਾਂ ਨੂੰ ਪਹਿਲੀਆਂ ਸਰਕਾਰਾਂ ਦੀ ਲੀਹ ਉੱਤੇ ਚੱਲਦੇ ਅੰਨ੍ਹਾ ਤਸ਼ੱਦਦ ਕੀਤਾ ਜਾ ਰਿਹਾ ਹੈ, ਇਨ੍ਹਾਂ ਸ਼ਬਦਾਂ ਦਾ ਪਗ੍ਰਟਾਵਾ ਭਾਰਤੀ ਕਿਸਾਨ ਯੂਨੀਅਨ (ਲੱਖੋਵਾਲ) ਦੇ ਸੂਬਾ ਜਨਰਲ ਸਕੱਤਰ ਪਰਮਿੰਦਰ ਸਿੰਘ ਪਾਲ ਮਾਜਰਾ ਅਤੇ ਜ਼ਿਲ੍ਹਾ ਲੁਧਿਆਣਾ ਦੇ ਪ੍ਰਧਾਨ ਮਨਜੀਤ ਸਿੰਘ ਢੀਂਡਸਾ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਏ ਕੀਤਾ। ਉਨ੍ਹਾਂ ਅੱਗੇ ਕਿਹਾ ਕਿ ਬੀਤੇ ਦਿਨੀਂ ਮਨਰੇਗਾ ਕਰਮਚਾਰੀ ਆਪਣੀ ਪਿਛਲੇ ਕਈ ਮਹੀਨਿਆਂ ਤੋਂ ਬਕਾਇਆ ਖੜ੍ਹੀ ਤਨਖਾਹ ਜਾਰੀ ਕਰਨ ਸਬੰਧੀ ਖੰਨਾ ਵਿਖੇ ਪੰਜਾਬ ਦੇ ਕੈਬਨਿਟ ਤਰਨਪ੍ਰੀਤ ਸਿੰਘ ਸੌਂਧ ਦੀ ਕੋਠੀ ਅੱਗੇ ਸ਼ਾਂਤਮਈ ਧਰਨਾ ਦੇ ਰਹੇ ਸਨ, ਪ੍ਰੰਤੂ ਉੱਥੇ ਇਨ੍ਹਾਂ ਦਾ ਪੱਖ ਸੁਣਨ ਦੀ ਬਜਾਏ ਉਨ੍ਹਾਂ ਉੱਤੇ ਪੰਜਾਬ ਪੁਲਿਸ ਵੱਲੋਂ ਪਾਣੀ ਦੀਆਂ ਬੁਛਾੜਾਂ, ਅੱਥਰੂ ਗੈਸ ਦੇ ਗੋਲੇ ਸੁੱਟੇ ਅਤੇ ਲਾਠੀਚਾਰਜ ਕੀਤਾ ਗਿਆ। ਜਿਸ ਨਾਲ ਅਨੇਕਾਂ ਪ੍ਰਦਰਸ਼ਨਕਾਰੀ ਸਖਤ ਰੂਪ ਵਿੱਚ ਜਖਮੀ ਹੋ ਗਏ, ਜਿਨ੍ਹਾਂ ਵਿੱਚ ਜਿਆਦਾਤਰ ਔਰਤਾਂ ਸ਼ਾਮਲ ਹਨ, ਦੀ ਭਾਰਤੀ ਕਿਸਾਨ ਯੂਨੀਅਨ (ਲੱਖੋਵਾਲ) ਸਖਤ ਸ਼ਬਦਾਂ ਵਿੱਚ ਨਿੰਦਾ ਕਰਦੀ ਹੈ ਅਤੇ ਨੈਤਿਕਤਾ ਦੇ ਅਧਾਰ ਤੇ ਕੈਬਨਿਟ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਦੇ ਅਸਤੀਫੇ ਦੀ ਮੰਗ ਕਰਦੀ ਹੈ। ਇਸ ਘਟਨਾ ਨੇ ਸਮੂਹ ਪੰਜਾਬੀ ਭਾਈਚਾਰੇ ਨੂੰ ਬੁਰੀ ਤਰ੍ਹਾਂ ਝੰਜੋੜ ਕੇ ਰੱਖ ਦਿੱਤਾ ਹੈ, ਇਹ ਸਾਰਾ ਕੁਝ ਉਸ ਸਰਕਾਰ ਦੇ ਰਾਜ ਵਿੱਚ ਹੋਇਆ ਹੈ, ਜੋ ਕਹਿੰਦੀ ਸੀ ਕਿ ਮਜ਼ਦੂਰਾਂ ਨੂੰ ਉਨ੍ਹਾਂ ਦਾ ਪਸੀਨਾ ਸੁੱਕਣ ਤੋਂ ਪਹਿਲਾਂ ਮਿਹਨਤਾਨਾ ਦਿੱਤਾ ਜਾਵੇਗਾ। ਆਗੂਆਂ ਨੇ ਮੰਗ ਕੀਤੀ ਕਿ ਮਨਰੇਗਾ ਕਰਮਚਾਰੀਆਂ ਦੀ ਬਕਾਇਆ ਪੇਮੈਂਟ ਫੌਰੀ ਦਿੱਤੀ ਜਾਵੇ, ਚੋਣਾਂ ਦੌਰਾਨ ਕੀਤੇ ਵਾਅਦੇ ਅਨੁਸਾਰ ਕੱਚੇ ਵਰਕਰਾਂ ਨੂੰ ਪੱਕੇ ਕੀਤਾ ਜਾਵੇ। ਜ਼ਖ਼ਮੀ ਮੁਲਾਜ਼ਮਾਂ ਦਾ ਇਲਾਜ ਮੁਫਤ ਕਰਵਾਇਆ ਜਾਵੇ। 

LEAVE A REPLY

Please enter your comment!
Please enter your name here