ਸਮਰਾਲਾ,30 ਜਨਵਰੀ ( ਵਰਿੰਦਰ ਸਿੰਘ ਹੀਰਾ ) 13 ਫਰਵਰੀ ਨੂੰ ਵੱਖ ਵੱਖ ਕਿਸਾਨ ਜਥੇਬੰਦੀਆਂ ਵੱਲੋਂ ਕਿਸਾਨੀ ਮੰਗਾਂ ਦੇ ਸਬੰਧ ਵਿੱਚ ਦਿੱਲੀ ਕੂਚ ਕਰਨ ਲਈ ਸਮਰਾਲਾ ਵਿੱਚ ਭਰਵੀਂ ਮੀਟਿੰਗ ਕੀਤੀ ਗਈ। ਮੀਟਿੰਗ ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਜ਼ਿਲ੍ਹਾ ਲੁਧਿਆਣਾ ਦੇ ਪ੍ਰਧਾਨ ਸੰਤੋਖ ਸਿੰਘ ਨਾਗਰਾ, ਬੀ. ਕੇ. ਯੂ. (ਸਿੱਧੂਪੁਰ) ਦੇ ਜ਼ਿਲ੍ਹਾ ਪ੍ਰਧਾਨ ਸੁਪਿੰਦਰ ਸਿੰਘ ਬੱਗਾ ਅਤੇ ਕਿਸਾਨ ਯੂਨੀਅਨ ਸ਼ੇਰੇ ਪੰਜਾਬ ਦੇ ਜ਼ਿਲ੍ਹਾ ਪ੍ਰਧਾਨ ਦਰਸ਼ਨ ਸਿੰਘ ਬੌਂਦਲੀ ਦੀ ਪ੍ਰਧਾਨਗੀ ਹੇਠ ਹੋਈ। ਮੀਟਿੰਗ ਦੌਰਾਨ ਸੰਬੋਧਨ ਕਰਦੇ ਹੋਏ ਜ਼ਿਲ੍ਹਾ ਪ੍ਰਧਾਨ ਸੰਤੋਖ ਸਿੰਘ ਨਾਗਰਾ ਨੇ ਕਿਹਾ ਕਿ ਪੰਜਾਬ ਦੇ ਕਿਸਾਨਾਂ ਅਤੇ ਮਜ਼ਦੂਰਾਂ ਦੀਆਂ ਹੱਕੀ ਮੰਗਾਂ ਜਿਨ੍ਹਾਂ ਨੂੰ ਕੇਂਦਰ ਸਰਕਾਰ ਪਿਛਲੇ ਕਾਫੀ ਸਮੇਂ ਤੋਂ ਲੰਬਤ ਅਵਸਥਾ ਵਿੱਚ ਰੱਖ ਰਹੀ ਹੈ, ਨੂੰ ਪੂਰਾ ਕਰਾਉਣ ਲਈ ਹੁਣ 13 ਫਰਵਰੀ ਨੂੰ ਦਿੱਲੀ ਮੁੜ ਘੇਰੀ ਜਾ ਰਹੀ ਹੈ, ਜਿਸ ਸਬੰਧੀ ਵੱਖ ਵੱਖ ਯੂਨੀਅਨਾਂ ਦੇ ਨੁਮਾਇੰਦੇ ਪਿੰਡ ਪਿੰਡ ਜਾ ਕੇ ਕਿਸਾਨਾਂ ਅਤੇ ਮਜ਼ਦੂਰਾਂ ਨੂੰ ਦਿੱਲੀ ਜਾਣ ਲਈ ਪ੍ਰੇਰਿਤ ਕਰ ਰਹੇ ਹਨ ਅਤੇ ਨਾਲ ਇਹ ਵੀ ਦੱਸਿਆ ਜਾ ਰਿਹਾ ਹੈ ਕਿ ਕਿਸਾਨਾਂ ਦੀਆਂ ਉਕਤ ਜਥੇਬੰਦੀਆਂ ਨਿਰੋਲ ਗੈਰ ਰਾਜਨੀਤਕ ਹਨ, ਇਨ੍ਹਾਂ ਵੱਲੋਂ ਸਿਰਫ ਕਿਸਾਨਾਂ ਅਤੇ ਮਜ਼ਦੂਰਾਂ ਦੀਆਂ ਹੱਕੀ ਮੰਗਾਂ ਸਬੰਧੀ ਗੱਲਬਾਤ ਕੀਤੀ ਜਾਂਦੀ ਹੈ। ਕੇਂਦਰ ਦੀ ਮੋਦੀ ਸਰਕਾਰ ਜੋ ਆਪਣੀਆਂ ਰਾਜਨੀਤਕ ਘੁਣਤਰਾਂ ਕਾਰਨ ਕਈ ਕਿਸਾਨ ਜਥੇਬੰਦੀਆਂ ਨਾਲ ਸੌਦੇ ਕਰਕੇ, ਕਿਸਾਨੀ ਸੰਘਰਸ਼ ਨੂੰ ਢਾਹ ਲਾਉਣ ਦੀ ਕੋਸ਼ਿਸ਼ ਕਰਦੀ ਰਹਿੰਦੀ ਹੈ, ਉਸਦਾ ਜਾਦੂ ਹੁਣ ਨਹੀਂ ਚੱਲੇਗਾ। ਇਸ ਲਈ ਹੁਣ ਕਿਸਾਨ ਅਤੇ ਮਜ਼ਦੂਰ ਮੁੜ ਦਿੱਲੀ ਘੇਰ ਕੇ ਇਨਸਾਫ ਲੈ ਕੇ ਵਾਪਸ ਘਰਾਂ ਨੂੰ ਮੁੜਨਗੇ। ਬੀ. ਕੇ. ਯੂ. (ਸਿੱਧੂਪੁਰ) ਦੇ ਜ਼ਿਲ੍ਹਾ ਪ੍ਰਧਾਨ ਸੁਪਿੰਦਰ ਸਿੰਘ ਨੇ ਕਿਹਾ ਕਿ ਪੰਜਾਬ ਦਾ ਕਿਸਾਨ ਜੋ ਹਮੇਸ਼ਾ ਆਪ ਅੱਧੀ ਖਾ ਕੇ ਪੂਰੇ ਦੇਸ਼ ਦਾ ਢਿੱਡ ਭਰਦਾ ਰਿਹਾ ਹੈ ਪ੍ਰੰਤੂ ਕੇਂਦਰ ਦੀਆਂ ਵੱਖ ਵੱਖ ਸਮੇਂ ਦੀਆਂ ਸਰਕਾਰਾਂ ਨੇ ਕਦੇ ਵੀ ਪੰਜਾਬ ਦੇ ਕਿਸਾਨਾਂ ਅਤੇ ਮਜ਼ਦੂਰਾਂ ਦੇ ਹਿੱਤਾਂ ਵਿੱਚ ਨਹੀਂ ਸੋਚਿਆ ਹਮੇਸ਼ਾਂ ਕਿਸਾਨਾਂ ਦਾ ਸੋਸ਼ਣ ਕੀਤਾ ਹੈ। ਕਦੇ ਵੀ ਕਿਸਾਨੀ ਲਾਗਤ ਦਾ ਵਾਜਵ ਮੁੱਲ ਨਹੀਂ ਮੋੜਿਆ। ਪਹਿਲਾਂ ਚੱਲੇ ਕਿਸਾਨੀ ਸੰਘਰਸ਼ ਵਿੱਚ ਪਾੜ ਪਾ ਕੇ ਕੇਂਦਰ ਸਰਕਾਰ ਨੇ ਆਪਣੀ ਚਾਲ ਨਾਲ ਕਿਸਾਨਾਂ ਨੂੰ ਵਾਪਸ ਘਰਾਂ ਨੂੰ ਮੋੜ ਦਿੱਤਾ ਸੀ, ਪ੍ਰੰਤੂ ਹੁਣ ਕਿਸਾਨ ਆਪਣੇ ਹੱਕ ਲਏ ਬਿਨਾਂ ਵਾਪਸ ਨਹੀਂ ਮੁੜਨਗੇ। ਕਿਸਾਨ ਯੂਨੀਅਨ ਸ਼ੇਰੇ ਪੰਜਾਬ ਦੇ ਜ਼ਿਲ੍ਹਾ ਪ੍ਰਧਾਨ ਦਰਸ਼ਨ ਸਿੰਘ ਬੌਂਦਲੀ ਨੇ ਕਿਹਾ ਕਿ 13 ਫਰਵਰੀ ਦਾ ਦਿਨ ਦੇਸ਼ ਦੇ ਇਤਿਹਾਸ ਵਿੱਚ ਸੁਨਹਿਰੀ ਅੱਖਰਾਂ ਵਿੱਚ ਲਿਖਿਆ ਜਾਵੇਗਾ, ਜਦੋਂ ਕਿਸਾਨ ਅਤੇ ਮਜ਼ਦੂਰ ਆਪਣੇ ਘਰਾਂ ਤੋਂ ਆਪਣੇ ਹੱਕ ਲੈਣ ਲਈ ਆਪਣੇ ਘਰਾਂ ਤੋਂ ਤੁਰਨਗੇ। ਉਨ੍ਹਾਂ ਅੱਗੇ ਕਿਹਾ ਕਿਸਾਨ ਅਤੇ ਮਜ਼ਦੂਰ ਹਮੇਸ਼ਾਂ ਆਪਣੀ ਮਿਹਨਤ ਨਾਲ ਪੂਰੇ ਦੇਸ਼ ਦਾ ਢਿੱਡ ਭਰਦੇ ਹਨ, ਪ੍ਰੰਤੂ ਇਹ ਕਾਰਪੋਰੇਟ ਘਰਾਣੇ ਆਪਣੀ ਨਿੱਜੀ ਮੁਫਾਦਾਂ ਲਈ ਕਿਸਾਨਾਂ ਅਤੇ ਮਜ਼ਦੂਰਾਂ ਦਾ ਬੁਰੀ ਤਰ੍ਹਾਂ ਸੋਸ਼ਣ ਕਰਦੇ ਹਨ। ਇਸ ਲਈ ਕਿਸਾਨਾਂ ਅਤੇ ਮਜ਼ਦੂਰਾਂ ਨੂੰ ਲਾਮਵੰਦ ਕਰਨ ਲਈ ਸਾਰੀਆਂ ਯੂਨੀਅਨਾਂ ਦੇ ਨੁਮਾਇੰਦਿਆਂ ਦਾ ਡਿਊਟੀਆਂ ਲਗਾ ਦਿੱਤੀਆਂ ਹਨ, ਜੋ ਕਿਸਾਨਾਂ ਨੂੰ ਦਿੱਲੀ ਕੂਚ ਕਰਨ ਦੇ ਸਬੰਧ ਵਿੱਚ ਜਾਗਰੂਕ ਕਰਨਗੇ। ਮੀਟਿੰਗ ਵਿੱਚ ਉਪਰੋਕਤ ਤੋਂ ਇਲਾਵਾ ਹਰਮੀਤ ਸਿੰਘ, ਰੁਲਦਾ ਸਿੰਘ, ਪਿਆਰਾ ਸਿੰਘ, ਸਵਰਨਜੀਤ ਸਿੰਘ ਘੁਲਾਲ, ਕੁਲਦੀਪ ਸਿੰਘ ਸੇਖੋਂ, ਹਰਜੀਤ ਸਿੰਘ ਲੋਪੋਂ, ਬਲਰਾਜ ਸਿੰਘ ਰਾਮਪੁਰ, ਮਲਕੀਤ ਸਿੰਘ ਘੁਲਾਲ, ਹਰਦੀਪ ਸਿੰਘ, ਗੁਰਬਿੰਦਰ ਸਿੰਘ ਭਰਥਲਾ ਬਲਾਕ ਮਾਛੀਵਾੜਾ ਪ੍ਰਧਾਨ ਕਿਸਾਨ ਯੂਨੀਅਨ ਸ਼ੇਰੇ ਪੰਜਾਬ, ਕਰਨਬੀਰ ਸਿੰਘ, ਗਗਨਦੀਪ ਸਿੰਘ, ਅਮਰਜੀਤ ਸਿੰਘ ਆਦਿ ਤੋਂ ਇਲਾਵਾ ਤਿੰਨਾਂ ਯੂਨੀਅਨ ਦੇ ਵੱਖ ਵੱਖ ਬਲਾਕਾਂ ਦੇ ਅਹੁਦੇਦਾਰ ਅਤੇ ਵਰਕਰ ਹਾਜਰ ਸਨ।