
ਬਾਲ ਭਿੱਖਿਆ ਦੀ ਰੋਕਥਾਮ ਲਈ ਜ਼ਿਲ੍ਹਾ ਟਾਸਕ ਫੋਰਸ ਵੱਲੋਂ ਅਚਨਚੇਤ ਚੈਕਿੰਗ।
2 ਬੱਚਿਆਂ ਦਾ ਵੀ ਕੀਤਾ ਰੈਸਕਿਊ।
ਲੁਧਿਆਣਾ, 14 ਫਰਵਰੀ ( ਵਰਿੰਦਰ ਸਿੰਘ ਹੀਰਾ) ਡਿਪਟੀ ਕਮਿਸ਼ਨਰ ਲੁਧਿਆਣਾ ਜਤਿੰਦਰ ਜ਼ੋਰਵਾਲ ਜਾਰੀ ਦਿਸ਼ਾ ਨਿਰਦੇਸ਼ਾਂ ਤਹਿਤ, ਜ਼ਿਲ੍ਹਾ ਬਾਲ ਸੁਰੱਖਿਆ ਯੂਨਿਟ, ਲੁਧਿਆਣਾ, ਸਿੱਖਿਆ ਵਿਭਾਗ ਅਤੇ ਬਚਪਨ ਬਚਾਉ ਅੰਦੋਲਨ ਵੱਲੋ ਸਾਂਝੇ ਤੌਰ ‘ਤੇ ਲੁਧਿਆਣਾ ਦੇ ਰੇਲਵੇ ਸਟੇਸ਼ਨ ਵਿਖੇੇ ਬਾਲ ਭਿਖਾਰੀਆਂ ਨੂੰ ਭੀਖ ਮੰਗਣ ਤੋਂ ਰੋਕਣ ਲਈ ਇਕ ਅਭਿਆਨ ਚਲਾਇਆ ਗਿਆ।
ਜ਼ਿਲ੍ਹਾ ਬਾਲ ਸੁਰੱਖਿਆ ਅਫਸਰ ਰਸ਼ਮੀ ਜੋਕਿ ਇਸ ਅਭਿਆਨ ਦੇ ਨੋਡਲ ਅਫ਼ਸਰ ਹਨ, ਦੀ ਪ੍ਰਧਾਨਗੀ ਹੇਠ ਜੀ.ਐਮ.ਡੀ. ਮਾਲ, ਨੇੜੇ ਰੇਲਵੇ ਸਟੇਸ਼ਨ ਅਤੇ ਹੋਰ ਨੇੜਲੇ ਇਲਾਕਿਆਂ ਵਿੱਚ ਬਾਲ ਭਿੱਖਿਆ ਦੀ ਰੋਕਥਾਮ ਲਈ ਰੇਡ ਕੀਤੀ ਗਈ।
ਇਸ ਵਿਸ਼ੇਸ਼ ਚੈਕਿੰਗ ਦੌਰਾਨ 2 ਬੱਚਿਆਂ ਨੂੰ ਭੀਖ ਮੰਗਣ ਅਤੇ ਨਸ਼ਾ ਕਰਨ ਤੋਂ ਰੋਕਿਆ ਗਿਆ ਅਤੇ ਰੈਸਕਿਊ ਕਰਕੇ ਬਾਲ ਭਲਾਈ ਕਮੇਟੀ, ਲੁਧਿਆਣਾ ਦੇ ਸਾਹਮਣੇ ਪੇਸ਼ ਕੀਤਾ ਗਿਆ। ਇਹਨਾਂ ਬੱਚਿਆਂ ਦੇ ਮਾਤਾ-ਪਿਤਾ ਜਾਂ ਕੋਈ ਰਿਸ਼ਤੇਦਾਰ ਨਾ ਹੋਣ ਕਰਕੇ ਬੱਚਿਆਂ ਦੀ ਸੁਰੱਖਿਆ ਅਤੇ ਸੰਭਾਲ ਲਈ ਬਾਲ ਘਰ ਵਿਖੇ ਸ਼ਿਫਟ ਕੀਤਾ ਗਿਆ ।
ਉਨ੍ਹਾਂ ਆਮ ਜਨਤਾ ਨੂੰ ਵੀ ਜਾਗਰੂਕ ਕਰਦਿਆਂ ਕਿਹਾ ਕਿ ਬੱਚਿਆਂ ਨੂੰ ਭੀਖ ਨਾ ਦਿੱਤੀ ਜਾਵੇ ਤਾਂ ਜੋ ਚਾਈਲਡ ਬੈਗਿੰਗ ਤੇ ਠੱਲ ਪਾਈ ਜਾ ਸਕੇ।
ਜਿਲ੍ਹਾ ਬਾਲ ਸੁਰੱਖਿਆ ਅਫਸਰ ਰਸ਼ਮੀ ਵੱਲੋ ਦੱਸਿਆ ਗਿਆ ਕਿ ਭਵਿੱਖ ਵਿੱਚ ਵੀ ਅਜਿਹੀਆਂ ਅਚਨਚੇਤ ਚੈਕਿੰਗਾਂ ਜਾਰੀ ਰਹਿਣਗੀਆਂ ਤਾਂ ਜੋ ਲੁਧਿਆਣਾ ਨੂੰ ਬਾਲ ਭਿਖਿਆ ਤੋਂ ਮੁਕਤ ਕੀਤਾ ਜਾ ਸਕੇ ਅਤੇ ਬੱਚਿਆਂ ਨੂੰ ਸਕੂਲ ਵਿੱਚ ਦਾਖਲ ਕਰਵਾ ਕੇ ਉਹਨਾਂ ਦਾ ਭਵਿੱਖ ਸੁਰੱਖਿਅਤ ਅਤੇ ਉਜਵਲ ਬਣਾਇਆ ਜਾ ਸਕੇ।