
ਵਿਧਾਇਕ ਬੱਗਾ ਦੀ ਪ੍ਰਧਾਨਗੀ ਹੇਠ ਨਿਗਮ ਅਧਿਕਾਰੀਆਂ ਨਾਲ ਮੀਟਿੰਗ ਆਯੋਜਿਤ।
ਹਲਕੇ ਦੇ ਵਿਕਾਸ ਕਾਰਜਾਂ ਬਾਰੇ ਕੀਤੀ ਵਿਚਾਰ ਚਰਚਾ।
ਲੋਕਾਂ ਦੀਆਂ ਸਮੱਸਿਆਵਾਂ ਦਾ ਪਹਿਲ ਦੇ ਆਧਾਰ ‘ਤੇ ਕੀਤਾ ਜਾਵੇ ਨਿਪਟਾਰਾ – ਮਦਨ ਲਾਲ ਬੱਗਾ
ਲੁਧਿਆਣਾ, 05 ( ਵਰਿੰਦਰ ਸਿੰਘ ਹੀਰਾ) ਵਿਧਾਨ ਸਭਾ ਹਲਕਾ ਲੁਧਿਆਣਾ ਉੱਤਰੀ ਤੋਂ ਵਿਧਾਇਕ ਮਦਨ ਲਾਲ ਬੱਗਾ ਦੀ ਪ੍ਰਧਾਨਗੀ ਹੇਠ ਨਿਗਮ ਅਧਿਕਾਰੀਆਂ ਨਾਲ ਮੀਟਿੰਗ ਆਯੋਜਿਤ ਹੋਈ ਜਿਸ ਵਿੱਚ ਹਲਕੇ ਦੇ ਵਿਕਾਸ ਕਾਰਜਾਂ ਬਾਰੇ ਵਿਚਾਰ ਵਟਾਂਦਰਾ ਕੀਤਾ ਗਿਆ।
ਮੀਟਿੰਗ ਦੌਰਾਨ ਵੱਖ-ਵੱਖ ਕੌਂਸਲਰਾਂ ਦੇ ਨਾਲ ਅਮਨ ਬੱਗਾ ਖੁਰਾਨਾ ਵੀ ਮੌਜੂਦ ਸਨ।ਵਿਧਾਇਕ ਬੱਗਾ ਵੱਲੋਂ ਨਿਗਮ ਅਧਿਕਾਰੀਆਂ ਨੂੰ ਸਪੱਸ਼ਟ ਕੀਤਾ ਗਿਆ ਕਿ ਹਲਕਾ ਉੱਤਰੀ ਵਿੱਚ ਚੱਲ ਰਹੇ ਕਾਰਜਾਂ ਵਿੱਚ ਹੋਰ ਤੇਜ਼ੀ ਲਿਆਂਦੀ ਜਾਵੇ, ਨਿਰਧਾਰਿਤ ਸਮੇਂ ਅੰਦਰ ਪ੍ਰੋਜੈਕਟਾਂ ਨੂੰ ਮੁਕੰਮਲ ਕਰਨ ‘ਤੇ ਵੀ ਜ਼ੋਰ ਦਿੱਤਾ ਤਾਂ ਜੋ ਵਸਨੀਕਾਂ ਨੂੰ ਇਸਦਾ ਲਾਭ ਮਿਲ ਸਕੇ।
ਉਨ੍ਹਾਂ ਅੱਗੇ ਕਿਹਾ ਸਟਰੀਟ ਲਾਈਟਾਂ, ਬਿਜਲੀ, ਪਾਣੀ ਅਤੇ ਸੀਵਰੇਜ ਦੀ ਸਮੱਸਿਆ ਨੂੰ ਗੰਭੀਰਤਾ ਨਾਲ ਲੈ ਕੇ ਹੱਲ ਕਰਨਾ ਯਕੀਨੀ ਬਣਾਇਆ ਜਾਵੇ ਅਤੇ ਕਿਸੇ ਵੀ ਤਰ੍ਹਾਂ ਦੀ ਢਿੱਲ-ਮੱਠ ਬਰਦਾਸ਼ਤ ਨਹੀਂ ਕੀਤੀ ਜਾਵੇਗੀ। ਉਨ੍ਹਾਂ ਅਧਿਕਾਰੀਆਂ ਨੂੰ ਸਖ਼ਤ ਹਦਾਇਤਾਂ ਜਾਰੀ ਕਰਦਿਆਂ ਕਿਹਾ ਕਿ ਵਿਧਾਨ ਸਭਾ ਹਲਕਾ ਉੱਤਰੀ ਦੇ ਵਸਨੀਕਾਂ ਨੂੰ ਕਿਸੇ ਵੀ ਕਿਸਮ ਦੀ ਸਮੱਸਿਆ ਦਾ ਸਾਹਮਣਾ ਨਾ ਕਰਨਾ ਪਵੇ ਅਤੇ ਜਿੱਥੇ ਕਿਤੇ ਵੀ ਪਾਣੀ, ਸੀਵਰੇਜ ਅਤੇ ਬਿਜਲੀ ਦੀ ਸਮੱਸਿਆ ਹੈ, ਉਸ ਨੂੰ ਤੁਰੰਤ ਹੱਲ ਕੀਤਾ ਜਾਵੇ। ਉਨ੍ਹਾਂ ਅਧਿਕਾਰੀਆਂ ਨੂੰ ਆਪਣੀ ਕਾਰਜਸ਼ੈਲੀ ਵਿੱਚ ਹੋਰ ਸੁਧਾਰ ਕਰਨ ਲਈ ਵੀ ਕਿਹਾ।
ਵਿਧਾਇਕ ਮਦਨ ਲਾਲ ਬੱਗਾ ਨੇ ਕਿਹਾ ਕਿ ਸੂਬੇ ਵਿੱਚ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਵਸਨੀਕਾਂ ਨੂੰ ਪਾਰਦਰਸ਼ੀ ਤੇ ਭ੍ਰਿਸ਼ਟਾਚਾਰ ਮੁਕਤ ਪ੍ਰਸ਼ਾਸ਼ਕੀ ਸੇਵਾਵਾਂ ਮੁਹੱਈਆ ਕਰਵਾਉਣ ਲਈ ਦ੍ਰਿੜ ਸੰਕਲਪ ਹੈ।