
ਈਰਾਨ ਅਤੇ ਇਜਰਾਇਲ ਵਿਚਕਾਰ ਚੱਲ ਰਹੇ ਜੰਗ ਦੇ ਮੱਦੇ ਨਜ਼ਰ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਵਿੱਤਰ ਸਰੂਪ ਵਾਪਸ ਲਿਆਉਣ ਦਾ ਪ੍ਰਬੰਧ ਕਰੇ ਕੇਂਦਰ ਸਰਕਾਰ- ਐਡਵੋਕੇਟ ਹਰਜਿੰਦਰ ਸਿੰਘ ਧਾਮੀ
ਸਮਰਾਲਾ, 19 ਜੂਨ ( ਸ ਨ ਪ) ਐਡਵੋਕੇਟ ਹਰਜਿੰਦਰ ਸਿੰਘ ਧਾਮੀ ਪ੍ਰਧਾਨ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਈਰਾਨ ਅਤੇ ਇਜਰਾਇਲ ਵਿਚਕਾਰ ਚੱਲ ਰਹੇ ਜੰਗ ਦੇ ਮੱਦੇ ਨਜ਼ਰ ਉਹਨਾਂ ਦੇਸ਼ਾਂ ਵਿੱਚ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਵਿੱਤਰ ਸਰੂਪਾਂ ਦੀ ਸੁਰੱਖਿਆ ਨੂੰ ਲੈ ਕੇ ਚਿੰਤਾ ਪ੍ਰਗਟ ਕੀਤੀ ਹੈ। ਉਹਨਾਂ ਕਿਹਾ ਕਿ ਇਹਨਾਂ ਦੇਸ਼ਾਂ ਵਿੱਚ ਗੁਰਦੁਆਰਾ ਸਾਹਿਬਾਨ ਅਤੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਾਵਨ ਸਰੂਪਾਂ ਦੀ ਸੁਰੱਖਿਆ ਨੂੰ ਯਕੀਨੀ ਬਣਾਉਣ ਲਈ ਤੁਰੰਤ ਢੁਕਵੇਂ ਕਦਮ ਚੁੱਕਣੇ ਚਾਹੀਦੇ ਹਨ। ਐਡਵੋਕੇਟ ਧਾਮੀ ਨੇ ਕਿਹਾ ਕਿ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਸਿੱਖ ਕੌਮ ਲਈ ਸਰਵ ਉੱਚ ਹਨ ਜਿਨਾਂ ਦਾ ਸਤਿਕਾਰ ਤੇ ਸੁਰੱਖਿਆ ਸਿੱਖ ਪੰਥ ਲਈ ਸਭ ਤੋਂ ਅਹਿਮ ਹੈ। ਉਹਨਾਂ ਕਿਹਾ ਕਿ ਮੌਜੂਦਾ ਸਮੇਂ ਦੌਰਾਨ ਈਰਾਨ ਅਤੇ ਇਜਰਾਇਲ ਵਿਚਕਾਰ ਇਸ ਜੰਗ ਦੇ ਨਾਜ਼ੁਕ ਹਾਲਾਤ ਕਾਰਨ ਉੱਥੇ ਸਥਿਤ ਗੁਰਦੁਆਰਾ ਸਾਹਿਬਾਨ ਅਤੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਾਵਨ ਸਰੂਪਾਂ ਦੀ ਸੁਰੱਖਿਆ ਨੂੰ ਯਕੀਨੀ ਬਣਾਉਣਾ ਸਰਕਾਰਾਂ ਦੀ ਜਿੰਮੇਵਾਰੀ ਹੈ। ਉਹਨਾਂ ਕਿਹਾ ਕਿ ਇਸ ਸਬੰਧ ਵਿੱਚ ਭਾਰਤ ਸਰਕਾਰ ਨੂੰ ਆਪਣੇ ਕੂਟਨੀਤਿਕ ਸੰਬੰਧਾਂ ਅਤੇ ਅੰਤਰਰਾਸ਼ਟਰੀ ਮੰਚਾਂ ਦੀ ਵਰਤੋਂ ਕਰਦਿਆਂ ਇਰਾਨ ਅਤੇ ਇਜਰਾਇਲ ਦੀਆਂ ਸਰਕਾਰਾਂ ਨਾਲ ਸੰਪਰਕ ਕਰਕੇ ਇਹ ਯਕੀਨੀ ਬਣਾਉਣਾ ਚਾਹੀਦਾ ਹੈ ਕਿ ਗੁਰਦੁਆਰਾ ਸਾਹਿਬਾਨ ਅਤੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਾਵਨ ਸਰੂਪਾਂ ਨੂੰ ਕਿਸੇ ਵੀ ਕਿਸਮ ਦਾ ਕੋਈ ਨੁਕਸਾਨ ਨਾ ਪਹੁੰਚੇ ਅਤੇ ਉਹਨਾਂ ਦਾ ਸਤਿਕਾਰ ਬਣਿਆ ਰਹੇ। ਇਸ ਦੇ ਨਾਲ ਹੀ ਐਡਵੋਕੇਟ ਧਾਮੀ ਨੇ ਇਰਾਨ ਅਤੇ ਇਜਰਾਇਲ ਵਿੱਚ ਵਸਦੇ ਸਿੱਖਾਂ ਨੂੰ ਅਪੀਲ ਕੀਤੀ ਕਿ ਉਹ ਸਥਾਨਕ ਸਰਕਾਰਾਂ ਅਤੇ ਸੰਬੰਧਤ ਅਧਿਕਾਰੀਆਂ ਨਾਲ ਸੰਪਰਕ ਕਰਕੇ ਗੁਰਦੁਆਰਾ ਸਾਹਿਬਾਨ ਅਤੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਾਵਨ ਸਰੂਪਾਂ ਦੀ ਸੁਰੱਖਿਆ ਨੂੰ ਯਕੀਨੀ ਬਣਾਉਣ। ਉਹਨਾਂ ਕਿਹਾ ਕਿ ਸ਼੍ਰੋਮਣੀ ਕਮੇਟੀ ਇਸ ਮਾਮਲੇ ਤੇ ਨੇੜਿਓਂ ਨਜ਼ਰ ਰੱਖ ਰਹੀ ਹੈ ਤੇ ਭਾਰਤ ਸਰਕਾਰ ਤੋਂ ਉਮੀਦ ਕਰਦੀ ਹੈ ਕਿ ਇਸ ਸਮੇਂ ਦੇ ਅਨਸ਼ੀਲ ਮਾਮਲੇ ਤੇ ਤੁਰੰਤ ਕਾਰਵਾਈ ਕੀਤੀ ਜਾਵੇਗੀ।